ਕੌਮੀ ਪਤ੍ਰਿਕਾ ਬਿਊਰੋ, ਸ੍ਰੀ ਆਨੰਦਪੁਰ ਸਾਹਿਬ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਦੇਸ਼ ਦੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਯੰਤੀ ਮੌਕੇ ਕਿਸਾਨਾਂ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ ਕੀਤੇ ਗਏ ਸੂਬਾ ਪੱਧਰੀ ਮਸਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤ ਮਜ਼ਦੂਰ ਅਤੇ ਬੇਜ਼ਮੀਨੇ ਕਿਸਾਨਾਂ ਦਾ ਕਰੋੜਾਂ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ।
ਆਨੰਦਪੁਰ ਸਾਹਿਬ ਦੇ ਸ੍ਰੀ ਦਸ਼ਮੇਸ਼ ਅਕੈਡਮੀ ਵਿਖੇ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰ ਦੀ ਕਰਜ਼ਾ ਰਾਹਤ ਯੋਜਨਾ ਸ਼ੁਰੂ ਕੀਤੀ ਗਈ। ਇਸ ਦੌਰਾਨ ਕਰੀਬ 2.85 ਲੱਖ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਕਰੀਬ 526 ਕਰੋੜ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਪ੍ਰਮਾਣ ਪੱਤਰ ਵੀ ਭੇਟ ਕੀਤੇ ਗਏ। ਇਸ ਦੇ ਨਾਲ ਹੀ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਉਂਦੇ ਹੋਏ ਕੈਪਟਨ ਨੇ ਕਿਹਾ ਕਿ 2017 ’ਚ ਵਨ ਟਾਈਮ ਸੈਟਲਮੈਂਟ ਪਾਲਿਸੀ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਛੋਟੇ ਕਿਸਾਨਾਂ ਵਾਸਤੇ ਉਨ੍ਹਾਂ ਦਾ 4700 ਕਰੋੜ ਤੱਕ ਦਾ ਕਰਜ਼ਾ ਮੁਆਫ਼ ਕੀਤਾ ਸੀ। ਫਿਰ ਹੁਣ ਬੇਜ਼ਮੀਨੇ ਕਿਸਾਨਾਂ ਦਾ 526 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰ ਰਹੇ ਹਾਂ।
ਕੇਂਦਰ ਸਰਕਾਰ ’ਤੇ ਵਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਨੂੰਨ ਕੋਈ ਅਜਿਹੀ ਚੀਜ਼ ਨਹੀਂ ਜਿਸ ਨੂੰ ਅਸੀਂ ਬਦਲ ਨਹੀਂ ਸਕਦੇ। ਉਨ੍ਹਾਂ ਕਿਹਾ ਕਿ 1950 ਤੋਂ ਲੈ ਕੇ ਹੁਣ ਤੱਕ 127 ਵਾਰ ਸੰਵਿਧਾਨ ਨੂੰ ਬਦਲਿਆ ਗਿਆ ਹੈ ਅਤੇ ਕੀ ਇਕ ਵਾਰ ਫਿਰ ਨਹੀਂ ਬਦਲਿਆ ਜਾ ਸਕਦਾ। ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਕਿਸਾਨ ਸਾਡੇ ਲਈ ਨਹੀਂ ਸਗੋਂ ਆਪਣੀ ਆਉਣ ਵਾਲੀ ਪੀੜ੍ਹੀ ਲਈ ਲੜ ਰਹੇ ਹਨ। ਕੇਂਦਰ ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਕਿਸਾਨਾਂ ਦੀ ਗੱਲਬਾਤ ਸੁਣ ਕੇ ਖੇਤੀ ਕਾਨੂੰਨਾਂ ਨੂੰ ਬਦਲਣਾ ਚਾਹੀਦਾ ਹੈ।