ਨਵੀਂ ਦਿੱਲੀ, 26 ਮਈ : ਪਿਛਲੇ 6 ਮਹੀਨਿਆਂ ਤੋਂ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ’ਚ ਡਟੇ ਕਿਸਾਨਾਂ ਨੇ ਅੱਜ ਇਥੇ ਸਿੰਘੂ ਤੇ ਟਿਕਰੀ ਬਾਰਡਰਾਂ ’ਤੇ ਵੀ ਮੋਦੀ ਸਰਕਾਰ ਦੇ ਪੁਤਲੇ ਫੂਕੇ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਗਾਜ਼ੀਪੁਰ ਬਾਰਡਰ ’ਤੇ ਖੇਤੀ ਕਾਨੂੰਨਾਂ ਖਿਲਾਫ਼ ਕਾਲਾ ਝੰਡਾ ਲਹਿਰਾਇਆ। ਹਰਿਆਣਾ ਵਿੱਚ ਬੀਕੇਯੂ ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨੂੰ ਆਪਣੇ ਘਰਾਂ ਤੇ ਵਾਹਨਾਂ ’ਤੇ ਕਾਲੇ ਝੰਡੇ ਲਾ ਕੇ ਵਿਰੋਧ ਦਰਜ ਕਰਵਾਉਣ ਦੀ ਅਪੀਲ ਕੀਤੀ। ਉਧਰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦੀ ਪਿੰਡ ਬਾਦਲ ਸਥਿਤ ਰਿਹਾਇਸ਼ ’ਤੇ ਵੀ ਕਾਲਾ ਝੰਡਾ ਲਹਿਰਾਇਆ ਗਿਆ। ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਢੰਡੂਰ ਪਿੰਡ ਵਿੱਚ ਕਿਸਾਨਾਂ ਨੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਕੀਤੀ ਤੇ ਭਾਜਪਾ ਸਰਕਾਰ ਦੀ ਅਰਥੀ ਫੂਕੀ। ਝੱਜਰ ਵਿੱਚ ਵੀ ਕਿਸਾਨਾਂ ਨੇ ਕਾਲੇ ਝੰਡੇ ਲਹਿਰਾਏ ਤੇ ਟਿਕਰੀ ਬਾਰਡਰ ਤੱਕ ਮੋਟਰਸਾਈਕਲ ਰੈਲੀ ਕੱਢੀ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਗਾਜ਼ੀਪੁਰ ਬਾਰਡਰ ’ਤੇ ਭਰੋਸਾ ਦਿੱਤਾ ਕਿ ਕੋਵਿਡ-19 ਤੋਂ ਸੁਰੱਖਿਆ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੂਰੇ ਅਮਨ ਅਮਾਨ ਨਾਲ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ। ਟਿਕੈਤ ਨੇ ਕਿਹਾ ਕਿ ਉਹ ਕੇਂਦਰੀ ਖੇਤੀ ਕਾਨੂੰਨ ਰੱਦ ਹੋਣ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ। ਟਿਕੈਤ ਨੇ ਕਿਹਾ ਕਿ ਉਨ੍ਹਾਂ ਕੌਮੀ ਤਿਰੰਗੇ ਝੰਡੇ ਨਾਲ ਵਿਰੋਧ ਪ੍ਰਦਰਸ਼ਨ ਦੀ ਯੋਜਨਾ ਬਣਾਈ ਸੀ, ਪਰ ਫਿਰ ਅਧਿਕਾਰੀਆਂ ਦੇ ਇਤਰਾਜ਼ ਕਰਕੇ ਉਨ੍ਹਾਂ ਕਾਲੇ ਝੰਡੇ ਫਹਿਰਾਉਣ ਦਾ ਫੈਸਲਾ ਕੀਤਾ।