ਸੰਗਰੂਰ, 01 ਜੂਨ (ਜਗਸੀਰ ਲੌਂਗੋਵਾਲ ) – ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ਤੋਂ ਮਿਸ਼ਨ ਫਤਿਹ ਤਹਿਤ 144 ਜਣੇ ਘਰੇਲੂ ਇਕਾਂਤਵਾਸ ਦੌਰਾਨ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦਿੱਤੀ।
ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 12808 ਵਿਅਕਤੀ ਕੋਰੋਨਾਵਾਇਰਸ ਨੂੰ ਹਰਾ ਕੇ ਸਿਹਤਯਾਬ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 437086 ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਐੱਲ-2 ਸੁਵਿਧਾ ਵਾਲੇ ਹਸਪਤਾਲਾਂ ਅੰਦਰ ਕੁੱਲ 318 ਬੈੱਡਾਂ ਦੀ ਸੁਵਿਧਾ ਹੈ ਜਿੰਨ੍ਹਾਂ ਵਿੱਚੋਂ ਹਾਲ ਦੀ ਘੜੀ 231 ਬੈੱਡ ਉਪਲੱਬਧ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਆਕਸੀਜ਼ਨ ਲੋੜੀਂਦੀ ਮਾਤਰਾ ਵਿੱਚ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ 4 ਮੀਟਰਕ ਟਨ ਆਕਸੀਜ਼ਨ ਵੱਖ ਵੱਖ ਸਿਹਤ ਸੰਸਥਾਵਾਂ ਅੰਦਰ ਮੌਜ਼ੂਦ ਹੈ।
ਸ਼੍ਰੀ ਰਾਮਵੀਰ ਨੇ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਉਚਿਤ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਹਿਨਿਆ ਜਾਵੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨਾ ਚਾਹੀਂਦਾ ਹੈ।
