ਨਵੀਂ ਦਿੱਲੀ: 08 ਅਗਸਤ 2024 ਸਰਕਾਰ ਨੇ ਵੀਰਵਾਰ ਨੂੰ ਲੋਕ ਸਭਾ ਵਿੱਚ ਵਕਫ਼ ਬੋਰਡਾਂ ਨੂੰ ਸੰਚਾਲਿਤ ਕਰਨ ਵਾਲੇ ਕਾਨੂੰਨ ਵਿੱਚ ਸੋਧ ਲਈ ਇੱਕ ਬਿੱਲ ਪੇਸ਼ ਕੀਤਾ, ਜਿਸ ਤੋਂ ਬਾਅਦ ਇਸ ਨੂੰ ਸੰਯੁਕਤ ਸੰਸਦੀ ਕਮੇਟੀ (ਜੇਪੀਸੀ) ਕੋਲ ਭੇਜਣ ਦੀ ਸਿਫ਼ਾਰਸ਼ ਕੀਤੀ ਗਈ। ਕੇਂਦਰੀ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਸਦਨ ਵਿੱਚ ‘ਵਕਫ਼ (ਸੋਧ) ਬਿੱਲ, 2024’ ਪੇਸ਼ ਕੀਤਾ ਅਤੇ ਵੱਖ-ਵੱਖ ਪਾਰਟੀਆਂ ਵੱਲੋਂ ਕੀਤੀ ਗਈ ਮੰਗ ਅਨੁਸਾਰ ਬਿੱਲ ਨੂੰ ਸੰਸਦ ਦੀ ਸਾਂਝੀ ਸੰਸਦੀ ਕਮੇਟੀ ਕੋਲ ਭੇਜਣ ਦਾ ਪ੍ਰਸਤਾਵ ਰੱਖਿਆ। ਇਸ ‘ਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ, ‘ਮੈਂ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਇਹ ਸਾਂਝੀ ਸੰਸਦੀ ਕਮੇਟੀ ਬਣਾਵਾਂਗਾ।’ ਵਿਰੋਧੀ ਧਿਰ ਦੇ ਮੈਂਬਰਾਂ ਨੇ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਇਹ ਸੰਵਿਧਾਨ, ਸੰਘਵਾਦ ਅਤੇ ਘੱਟ ਗਿਣਤੀਆਂ ‘ਤੇ ਹਮਲਾ ਹੈ। ਰਾਸ਼ਟਰੀ ਜਮਹੂਰੀ ਗਠਜੋੜ ਦੇ ਦੋ ਮੁੱਖ ਹਿੱਸੇ ਜਨਤਾ ਦਲ (ਯੂਨਾਈਟਿਡ) ਅਤੇ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਨੇ ਬਿੱਲ ਦਾ ਸਮਰਥਨ ਕੀਤਾ, ਹਾਲਾਂਕਿ, ਟੀਡੀਪੀ ਨੇ ਇਸ ਨੂੰ ਸੰਸਦੀ ਕਮੇਟੀ ਕੋਲ ਭੇਜਣ ਦੀ ਵਕਾਲਤ ਕੀਤੀ। ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਉਠਾਏ ਸਵਾਲਾਂ ਦਾ ਜਵਾਬ ਦਿੰਦਿਆਂ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਇਹ ਬਿੱਲ ਕਿਸੇ ਵੀ ਧਾਰਮਿਕ ਆਜ਼ਾਦੀ ਵਿੱਚ ਦਖ਼ਲ ਨਹੀਂ ਦੇ ਰਿਹਾ ਹੈ ਅਤੇ ਸੰਵਿਧਾਨ ਦੇ ਕਿਸੇ ਵੀ ਅਨੁਛੇਦ ਦੀ ਉਲੰਘਣਾ ਨਹੀਂ ਕੀਤੀ ਗਈ ਹੈ।