ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ‘ਚ ਵੱਡਾ ਧਮਾਕਾ ਹੋਇਆ ਹੈ। ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਅਨੁਸ਼ਾਸਨੀ ਕਮੇਟੀ ਵੱਲੋਂ ਅੱਠ ਆਗੂਆਂ ਨੂੰ ਕੱਢਣ ਦਾ ਫੈਸਲਾ ਰੱਦ ਕਰ ਦਿੱਤਾ ਹੈ। ਢੀਂਡਸਾ ਅੱਜ ਬਾਗੀ ਅਕਾਲੀ ਆਗੂਆਂ ਦੀ ਮੀਟਿੰਗ ‘ਚ ਸ਼ਾਮਲ ਹੋਏ ਤੇ ਉਨ੍ਹਾਂ ਕਿਹਾ ਕਿ ਜਿਹੜੇ ਦੋਸ਼ ਸੁਖਬੀਰ ਬਾਦਲ ਉੱਪਰ ਲੱਗੇ ਹਨ, ਅਜਿਹੇ ਵਿਚ ਉਹ ਪਾਰਟੀ ਦੀ ਪ੍ਰਧਾਨਗੀ ਕਰਨ ਲਾਇਕ ਨਹੀਂ ਰਹੇ। ਉਨ੍ਹਾਂ ਨੂੰ ਆਪਣੀ ਕੁਰਸੀ ਛੱਡ ਦੇਣੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਚੰਡੀਗੜ੍ਹ ਵਿਖੇ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਹੋਈ ਸੀ ਜਿਸ ਵਿਚ ਕਮੇਟੀ ਮੈਂਬਰ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਗੁਲਜਾਰ ਸਿੰਘ ਰਾਣੀਕੇ (ਟੈਲੀਫੋਨ ਰਾਹੀਂ) ਸ਼ਾਮਲ ਹੋਏ ਸੀ। ਮੀਟਿੰਗ ‘ਚ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਲਗਾਤਾਰ ਇੱਕ ਸਾਜਿਸ਼ ਤਹਿਤ ਕੀਤੀਆਂ ਜਾ ਰਹੀਆਂ ਪਾਰਟੀ ਵਿਰੋਧੀ ਕਾਰਵਾਈਆਂ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਤੇ ਚਰਨਜੀਤ ਸਿੰਘ ਬਰਾੜ ਸ਼ਾਮਲ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਸੀ।