ਸੁਖਜਿੰਦਰ ਭੰਗਲ, ਪੰਜਾਬੀ ਜਾਗਰਣ, ਨਵਾਂਸ਼ਹਿਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਤਕ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਉਪਲੱਬਧ ਕਰਵਾਉਣ ਲਈ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ। ਇਸ ਤਹਿਤ ਕੋਈ ਵੀ ਨਾਗਰਿਕ ਫੋਨ ਨੰਬਰ 1076 ’ਤੇ ਕਾਲ ਕਰਕੇ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲਈ ਸਰਕਾਰੀ ਨੁਮਾਇੰਦੇ ਨੂੰ ਆਪਣੇ ਘਰ ਬੁਲਾ ਸਕਦਾ ਹੈ। ਭਾਵ ਇੰਨ੍ਹਾਂ 43 ਤਰ੍ਹਾਂ ਦੇ ਸਰਕਾਰੀ ਕੰਮਾਂ ਲਈ ਕਿਸੇ ਵੀ ਦਫ਼ਤਰ ਜਾਣ ਦੀ ਜਰੂਰਤ ਨਹੀਂ ਸਗੋਂ ਦਫ਼ਤਰ ਚੱਲ ਕੇ ਲੋਕਾਂ ਦੇ ਘਰ ਪਹੁੰਚਦਾ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੁਵਿਧਾ ਨਾਲ ਲੋਕਾਂ ਦਾ ਦਫ਼ਤਰਾਂ ਵਿਚ ਆਉਣ ਜਾਣ ਦਾ ਸਮਾਂ ਬਚਦਾ ਹੈ ਅਤੇ ਉਹ ਆਪਣੀ ਸੁਵਿਧਾ ਅਨੁਸਾਰ ਸਰਕਾਰੀ ਨੁਮਾਇੰਦੇ ਨੂੰ ਘਰ ਬੁਲਾ ਸਕਦੇ ਹਨ। ਜਿੱਥੇ ਸਰਕਾਰੀ ਨੁੰਮਾਇੰਦਾ ਨਾਗਰਿਕ ਦੇ ਘਰ ਆ ਕੇ ਉਸਦੀ ਅਰਜੀ ਲੈਂਦਾ ਹੈ, ਫੋਟੋ ਅਤੇ ਹੋਰ ਦਸਤਾਵੇਜ ਪ੍ਰਾਪਤ ਕਰਦਾ ਹੈ ਅਤੇ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਵੀ ਘਰ ਪਹੁੰਚਾਉਂਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨ, ਆਮਦਨ ਸਰਟੀਫਿਕੇਟ, ਹਲਫੀਆਂ ਬਿਆਨ, ਭਾਰ ਰਹਿਤ ਸਰਟੀਫਿਕੇਟ, ਜਮਾਂਬੰਦੀ ਕਢਵਾਉਣ ਸਬੰਧੀ, ਜ਼ਮੀਨ ਦੀ ਨਿਸ਼ਾਨਦੇਹੀ, ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਐੱਸਸੀ, ਬੀਸੀ ਸਰਟੀਫਿਕੇਟ ਆਦਿ ਵਰਗੀਆਂ ਕੁੱਲ 43 ਸੇਵਾਵਾਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਇਸ ਲਈ ਸੇਵਾ ਕੇਂਦਰ ਤੇ ਲੱਗਣ ਵਾਲੀ ਫੀਸ ਤੋਂ ਇਲਾਵਾ 120 ਰੁਪਏ ਦੀ ਪ੍ਰਤੀ ਸਰਵਿਸ ਵਿਜਿਟ ਫੀਸ ਅਲਗ ਤੋਂ ਲਾਗੂ ਹੈ। ਆਨਲਾਈਨ ਵੀ ਅਪਲਾਈ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਲੋਕ ਲਗਭਗ 100 ਸਰਕਾਰੀ ਸੇਵਾਵਾਂ ਲਈ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ ਤੇ ਵੀ ਘਰ ਬੈਠੇ ਹੀ ਅਪਲਾਈ ਕਰ ਸਕਦੇ ਹਨ। ਇਸ ਤਹਿਤ ਵੀ ਸਰਟੀਫਿਕੇਟ ਬਣ ਜਾਣ ਤੇ ਨਾਗਰਿਕ ਨੂੰ ਆਨਲਾਈਨ ਤਰੀਕੇ ਨਾਲ ਘਰ ਬੈਠੇ ਹੀ ਸਰਟੀਫਿਕੇਟ ਪ੍ਰਾਪਤ ਹੋ ਜਾਂਦਾ ਹੈ।