ਅੰਮ੍ਰਿਤਸਰ, 19 ਫਰਵਰੀ: ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਵਪਾਰੀ ਭਾਈਚਾਰੇ ਨੂੰ ਮਜ਼ਬੂਤ ਕਰਨ ਅਤੇ ਛੋਟੇ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ ਪੰਜਾਬ ਟ੍ਰੇਡ ਕਮਿਸ਼ਨ ਦੇ ਗਠਨ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਪੰਜਾਬ ਦੀ ਆਰਥਿਕਤਾ ਨੂੰ ਚਲਾਉਣ ਵਾਲੇ ਲੋਕਾਂ ਲਈ ਸ਼ਾਸਨ ਨੂੰ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੀਤਲ ਜੁਨੇਜਾ ਨੇ ਅੱਜ ਟਾਊਨ ਹਾਲ ਅੰਮ੍ਰਿਤਸਰ ਵਿਖੇ ਜ਼ਿਲ੍ਹੇ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਵਪਾਰੀਆਂ ਨਾਲ ਗੱਲ ਕਰਦਿਆਂ ਸ੍ਰੀ ਜੁਨੇਜਾ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਪਾਰੀਆਂ ਨੂੰ ਰੁਟੀਨ ਦੀਆਂ ਪ੍ਰਵਾਨਗੀਆਂ, ਵਿਭਾਗੀ ਕਲੀਅਰੈਂਸ ਅਤੇ ਰੋਜ਼ਾਨਾ ਕਾਰੋਬਾਰੀ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਮਾਮੂਲੀ ਮੁੱਦਿਆਂ ਲਈ ਵੀ ਕਈ ਦਫ਼ਤਰਾਂ ਵਿਚਾਲੇ ਭੱਜ-ਦੌੜ ਕਰਕੇ ਆਪਣਾ ਕੀਮਤੀ ਸਮਾਂ ਬਰਬਾਦ ਕਰਨ ਲਈ ਮਜਬੂਰ ਕੀਤਾ ਜਾਂਦਾ ਸੀ ਅਤੇ ਮੌਜੂਦਾ ਸਰਕਾਰ ਇਸ ਨੂੰ ਬਦਲਣ ਲਈ ਦ੍ਰਿੜ ਹੈ। ਇਸ ਮੌਕੇ ਉਚੇਚੇ ਤੌਰ `ਤੇ ਪਹੁੰਚੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਵਪਾਰੀ ਅਤੇ ਛੋਟੇ ਕਾਰੋਬਾਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਅਜਿਹਾ ਪੰਜਾਬ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜਿੱਥੇ ਇਮਾਨਦਾਰ ਕਾਰੋਬਾਰੀ ਕਾਗਜ਼ੀ ਕਾਰਵਾਈ, ਦੇਰੀ ਅਤੇ ਬੇਲੋੜੀ ਪਰੇਸ਼ਾਨੀ ਵਿੱਚ ਫਸਣ ਦੀ ਬਜਾਏ ਆਪਣੇ ਕੰਮ ਦੇ ਵਿਸਥਾਰ `ਤੇ ਧਿਆਨ ਕੇਂਦਰਿਤ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਟ੍ਰੇਡ ਕਮਿਸ਼ਨ ਵਪਾਰੀ ਭਾਈਚਾਰੇ ਦੇ ਸਮੇਂ, ਮਿਹਨਤ ਅਤੇ ਪੈਸੇ ਦੀ ਬਚਤ ਕਰਨ ਲਈ ਇੱਕ ਸਮਰਪਿਤ ਪਲੇਟਫਾਰਮ ਵਜੋਂ ਕੰਮ ਕਰੇਗਾ। ਇਹ ਉਨ੍ਹਾਂ ਦੇ ਮੁੱਦਿਆਂ ਦੇ ਤੇਜ਼ ਅਤੇ ਸੁਚਾਰੂ ਹੱਲ ਲਈ ਇੱਕ ਸੰਗਠਿਤ ਪ੍ਰਣਾਲੀ, ਸਪੱਸ਼ਟ ਜਵਾਬਦੇਹੀ ਅਤੇ ਸਮਾਂਬੱਧ ਹੱਲ ਪ੍ਰਦਾਨ ਕਰੇਗਾ ਤਾਂ ਜੋ ਸਮੱਸਿਆਵਾਂ ਨੂੰ ਅਣਮਿੱਥੇ ਸਮੇਂ ਲਈ ਲਟਕਦਾ ਨਾ ਛੱਡਿਆ ਜਾਵੇ। ਇਸ ਦੌਰਾਨ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਗੁਰੂ ਕਾਲ ਤੋਂ ਹੀ ਅੰਮ੍ਰਿਤਸਰ ਸ਼ਹਿਰ ਦਾ ਵਪਾਰ ਪੂਰੀ ਦੁਨੀਆਂ ਵਿੱਚ ਪ੍ਰਸਿੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਵਪਾਰ ਨੂੰ ਪ੍ਰਫੂਲਿਤ ਕਰਨ ਲਈ ਰਾਜ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸੂਬੇ ਵਿੱਚ ਵਪਾਰ ਪੱਖੀ ਮਾਹੌਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਅੰਮ੍ਰਿਤਸਰ ਇੱਕ ਵਾਰ ਫਿਰ ਵਾਪਰ ਦੇ ਖੇਤਰ ਵਿੱਚ ਬੁਲੰਦੀਆਂ ਨੂੰ ਛੂਹੇਗਾ। ਡਾ. ਅਜੇ ਗੁਪਤਾ ਨੇ ਕਿਹਾ ਕਿ ਵਪਾਰੀ ਵਰਗ ਸੂਬੇ ਦੇ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਮਾਨ ਸਰਕਾਰ ਵਪਾਰੀ ਵਰਗ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧ ਨੇ ਕਿਹਾ ਕਿ ਪੰਜਾਬ ਟ੍ਰੇਡ ਕਮਿਸ਼ਨ ਲੋਕ ਸੇਵਾ, ਪਾਰਦਰਸ਼ਤਾ ਅਤੇ ਕਾਰੋਬਾਰ ਕਰਨ ਦੀ ਸੌਖ ਦੀ ਭਾਵਨਾ ਨਾਲ ਬਣਾਇਆ ਜਾਵੇਗਾ। ਇੱਕੋ ਪਲੇਟਫਾਰਮ ਦੇ ਹੇਠਾਂ ਵਪਾਰੀਆਂ ਨੂੰ ਸਹਾਇਤਾ, ਮਾਰਗਦਰਸ਼ਨ ਅਤੇ ਤੁਰੰਤ ਹੱਲ ਮਿਲਣਗੇ, ਜਿਸ ਨਾਲ ਇਹ ਯਕੀਨੀ ਹੋਵੇਗਾ ਕਿ ਸ਼ਾਸਨ ਉਨ੍ਹਾਂ ਦੇ ਵਿਰੁੱਧ ਨਹੀਂ, ਬਲਕਿ ਉਨ੍ਹਾਂ ਦੇ ਹਿੱਤ ਵਿੱਚ ਕੰਮ ਕਰੇ। ਇਸ ਮੌਕੇ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਸ੍ਰੀ ਕਰਮਜੀਤ ਸਿੰਘ ਰਿੰਟੂ ਨੇ ਵੀ ਇਸ ਮੀਟਿੰਗ ਵਿੱਚ ਕਮਿਸ਼ਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਸਥਾਨਕ ਦੁਕਾਨਦਾਰਾਂ, ਛੋਟੇ ਕਾਰੋਬਾਰੀਆਂ ਅਤੇ ਵਪਾਰੀਆਂ ਨਾਲ ਕਾਰਜਸ਼ੀਲ ਰੂਪ-ਰੇਖਾ ਅਤੇ ਜ਼ਿਲ੍ਹਾ ਪੱਧਰੀ ਤਾਲਮੇਲ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਪੀ.ਐੱਸ.ਆਈ.ਡੀ.ਸੀ. ਦੇ ਚੇਅਰਮੈਨ ਸ੍ਰੀ ਜਸਕਰਨ ਬੰਦੇਸਾ ਨੇ ਵੀ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦਾ ਗਠਨ ਕਰਨ `ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਪਾਰੀਆਂ ਨੂੰ ਹੁਣ ਆਪਣੀ ਮੁਸ਼ਕਲਾਂ ਦੇ ਹੱਲ ਲਈ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਸ੍ਰੀ ਬੰਦੇਸ਼ ਨੇ ਕਿਹਾ ਕਿ ਉਨ੍ਹਾਂ ਨੇ ਬੀਤੇ ਦਿਨੀਂ ਫੋਕਲ ਪੁਆਇੰਟ ਦਾ ਦੌਰਾ ਕਰਕੇ ਓਥੋਂ ਦੀਆਂ ਮੁਸ਼ਕਲਾਂ ਨੂੰ ਜਾਣਿਆ ਹੈ ਅਤੇ ਇਨ੍ਹਾਂ ਮੁਸ਼ਕਲਾਂ ਦਾ ਹੱਲ ਵੀ ਜਲਦੀ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਟਰੇਡਰਜ਼ ਕਮੇਟੀ ਦੇ ਚੇਅਰਮੈਨ ਸ. ਗੁਰਪ੍ਰੀਤ ਸਿੰਘ ਕਟਾਰੀਆ ਨੇ ਆਏ ਅਧਿਕਾਰੀਆਂ ਅਤੇ ਵਪਾਰੀਆਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਕਰ ਅਤੇ ਆਬਕਾਰੀ ਵਿਭਾਗ ਦੇ ਏ.ਸੀ.ਐੱਸ.ਟੀ. ਅੰਮ੍ਰਿਤਸਰ-1 ਸ੍ਰੀਮਤੀ ਪ੍ਰਗਤੀ ਸੇਠੀ ਅਤੇ ਏ.ਸੀ.ਐੱਸ.ਟੀ. ਅੰਮ੍ਰਿਤਸਰ-2 ਡਾ. ਨਵਰੀਤ ਸੇਖੋਂ ਨੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੀ ਕਾਰਜਪ੍ਰਣਾਲੀ ਅਤੇ ਵਪਾਰੀਆਂ ਦੀ ਸਹੂਲਤ ਲਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਵੱਖ-ਵੱਖ ਵਪਾਰ ਮੰਡਲਾਂ, ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਜਿਨ੍ਹਾਂ ਵਿੱਚ ਸ੍ਰੀ ਪਿਆਰੇ ਲਾਲ ਸੇਠ, ਸੁਰਿੰਦਰ ਦੁੱਗਲ, ਬਲਬੀਰ ਭਸੀਨ, ਸੰਦੀਪ ਖੋਸਲਾ, ਸ਼ਸ਼ੀ ਰੰਜਨ, ਕਮਲ ਡਾਲਮੀਆਂ, ਓ.ਪੀ. ਬਲਾਨੀ, ਹਰਿੰਦਰ ਸਿੰਘ ਨੇ ਵਪਾਰੀ ਵਰਗ ਨਾਲ ਸਬੰਧਿਤ ਵੱਖ-ਵੱਖ ਮੁਸ਼ਕਲਾਂ ਕਮਿਸ਼ਨ ਅਤੇ ਸਥਾਨਿਕ ਪ੍ਰਸ਼ਾਸਨ ਦੇ ਅੱਗੇ ਰੱਖੀਆਂ, ਜਿਨ੍ਹਾਂ ਦੇ ਹੱਲ ਦਾ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ, ਐੱਸ.ਡੀ.ਐੱਮ. ਸ੍ਰੀ ਅਮਨਦੀਪ ਸਿੰਘ, ਸੰਯੁਕਤ ਕਮਿਸ਼ਨਰ ਸ੍ਰੀ ਜੈ ਇੰਦਰ ਸਿੰਘ, ਡੀ.ਸੀ.ਐੱਸ.ਟੀ. ਸ੍ਰੀਮਤੀ ਰਾਜਵਿੰਦਰ ਕੌਰ, ਪੰਜਾਬ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਸੁਖਦੇਵ ਸਿੰਘ, ਆਮ ਆਦਮੀ ਪਾਰਟੀ ਦੇ ਨੁਮਾਇੰਦੇ ਸ੍ਰੀ ਅਰਵਿੰਦਰ ਸਿੰਘ ਭੱਟੀ, ਵੱਖ-ਵੱਖ ਵਪਾਰ ਸੰਗਠਨਾਂ ਦੇ ਨੁਮਾਇੰਦੇ ਰਮਿੰਦਰ ਸੋਢੀ, ਅਮਿਤ ਕੋਹਲੀ, ਸੰਜੀਵ ਭਾਟੀਆ, ਰਾਜੂ ਕਿੰਗ, ਦੀਪਕ ਮਹਿਰਾ, ਰਾਜੂ ਨਾਗਪਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਪਾਰੀ ਹਾਜ਼ਰ ਸਨ।
Subscribe to Updates
Get the latest creative news from FooBar about art, design and business.

