ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਸ਼ੁੱਕਰਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ ਹੈ। ਈਡੀ ਨੇ ਬੁੱਧਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਨਵਾਂ ਅਤੇ ਪੰਜਵਾਂ ਸੰਮਨ ਜਾਰੀ ਕੀਤਾ। ਇਸ ਤੋਂ ਪਹਿਲਾਂ, ਉਹ ਪਿਛਲੇ ਚਾਰ ਮਹੀਨਿਆਂ ਵਿੱਚ ਸੰਘੀ ਏਜੰਸੀ ਦੁਆਰਾ ਚਾਰ ਸੰਮਨਾਂ ‘ਚ ਪੇਸ਼ ਨਹੀਂ ਹੋਏ ਹਨ।
ਦਿੱਲੀ ਦੇ ਮੁੱਖ ਮੰਤਰੀ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣਗੇ ਜਾਂ ਨਹੀਂ ਇਸ ਬਾਰੇ ‘ਆਪ’ ਨੇ ਚੁੱਪੀ ਧਾਰੀ ਹੋਈ ਹੈ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਇਸ ਵਾਰ ਵੀ ਸੰਮਨ ਮੁਲਤਵੀ ਹੋਣ ਦੀ ਸੰਭਾਵਨਾ ਹੈ। ਕੇਜਰੀਵਾਲ ਨੇ ਪਿਛਲੇ ਸਾਲ 2 ਨਵੰਬਰ, 21 ਦਸੰਬਰ ਅਤੇ ਇਸ ਸਾਲ 3 ਜਨਵਰੀ ਅਤੇ 18 ਜਨਵਰੀ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਜਾਰੀ ਕੀਤੇ ਸੰਮਨਾਂ ਨੂੰ ਟਾਲ ਚੁੱਕੇ ਹਨ।
ਆਮ ਆਦਮੀ ਪਾਰਟੀ (ਆਪ) ਨੇ ਕਿਹਾ ਹੈ ਕਿ ਉਨ੍ਹਾਂ ਦੀ ਕਾਨੂੰਨੀ ਟੀਮ ਮਨੀ ਲਾਂਡਰਿੰਗ ਮਾਮਲੇ ਨਾਲ ਸਬੰਧਿਤ ਦਿੱਲੀ ਆਬਕਾਰੀ ਨੀਤੀ ਦੇ ਸਬੰਧ ਵਿੱਚ ਕੇਜਰੀਵਾਲ ਨੂੰ ਜਾਰੀ ਕੀਤੇ ਸੰਮਨ ਦਾ ਅਧਿਐਨ ਕਰ ਰਹੀ ਹੈ। ਚੰਡੀਗੜ੍ਹ ਮੇਅਰ ਚੋਣਾਂ ‘ਚ ਕਥਿਤ ਧਾਂਦਲੀ ਦੇ ਖਿਲਾਫ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੇਜਰੀਵਾਲ ਭਾਜਪਾ ਹੈੱਡਕੁਆਰਟਰ ਦੇ ਬਾਹਰ ਧਰਨੇ ‘ਚ ਹਿੱਸਾ ਲੈਣਗੇ।