ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ 28 ਮਹੀਨਿਆਂ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਮਹਿਲਾਵਾਂ ਲਈ ਮੁਫ਼ਤ ਯਾਤਰਾ ਯਕੀਨੀ ਬਣਾਉਣ ਹਿੱਤ 1,548.25 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕ੍ਰਾਂਤੀਕਾਰੀ ਸਕੀਮ ਤਹਿਤ ਔਰਤਾਂ ਨੂੰ 32.46 ਕਰੋੜ ਯਾਤਰਾਵਾਂ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅਹਿਮ ਯੋਜਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਮਾਜਿਕ ਭਲਾਈ ਅਤੇ ਲਿੰਗ ਬਰਾਬਰਤਾ ਪ੍ਰਤੀ ਬਹੁਪੱਖੀ ਪਹੁੰਚ ਦਾ ਸਬੂਤ ਹੈ। ਸ. ਭੁੱਲਰ ਨੇ ਕਿਹਾ ਕਿ ਮਹਿਲਾਵਾਂ ਲਈ ਆਉਣ-ਜਾਣ ਦੀਆਂ ਵਿੱਤੀ ਰੁਕਾਵਟਾਂ ਨੂੰ ਦੂਰ ਕਰਦਿਆਂ ਇਹ ਪਹਿਲਕਦਮੀ ਉਨ੍ਹਾਂ ਨੂੰ ਸਿੱਖਿਆ, ਰੁਜ਼ਗਾਰ, ਸਿਹਤ ਸੰਭਾਲ ਅਤੇ ਹੋਰ ਜ਼ਰੂਰੀ ਸਹੂਲਤਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਨ ਲਈ ਸਮਰੱਥ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੰਨਣਾ ਹੈ ਕਿ ਸਾਰੇ ਵਰਗਾਂ ਦੀ ਸਮੁੱਚੀ ਤਰੱਕੀ ਹੀ ਅਸਲ ਮਾਅਨਿਆਂ ਵਿੱਚ ਤਰੱਕੀ ਹੈ। ਇਹ ਮੁਫ਼ਤ ਯਾਤਰਾ ਸਕੀਮ ਔਰਤਾਂ ਨੂੰ ਮਹਿਜ਼ ਆਉਣ-ਜਾਣ ਦੀ ਸਹੂਲਤ ਦੇਣਾ ਹੀ ਨਹੀਂ, ਸਗੋਂ ਪੰਜਾਬ ਦੀ ਹਰ ਮਹਿਲਾ ਲਈ ਸਵੈਮਾਣ, ਆਜ਼ਾਦੀ ਅਤੇ ਵਿਕਾਸ ਨੂੰ ਦਰਸਾਉਂਦੀ ਹੈ।