ਨਵੀਂ ਦਿੱਲੀ/ਚੰਡੀਗੜ੍ਹ: 14 ਦਸੰਬਰ, 2024 101 ਕਿਸਾਨਾਂ ਦੇ ਸਮੂਹ ਨੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਸਥਿਤ ਸ਼ੰਭੂ ਸਰਹੱਦ ‘ਤੇ ਸਥਿਤ ਧਰਨੇ ਵਾਲੀ ਥਾਂ ਤੋਂ ਦੁਪਹਿਰ 12 ਵਜੇ ਦਿੱਲੀ ਵੱਲ ਪੈਦਲ ਮਾਰਚ ਸ਼ੁਰੂ ਕੀਤਾ। ਇਸ ਦੌਰਾਨ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ। ਜਾਣਕਾਰੀ ਅਨੁਸਾਰ ਇਸ ਦੌਰਾਨ ਕੁਝ ਕਿਸਾਨ ਜ਼ਖ਼ਮੀ ਹੋਏ ਹਨ। ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਕਿਸਾਨਾਂ ਦੇ ਰੋਸ ਮਾਰਚ ਨੂੰ ਮੁੜ ਸ਼ੁਰੂ ਕਰਨ ਤੋਂ ਕੁਝ ਘੰਟੇ ਪਹਿਲਾਂ, ਹਰਿਆਣਾ ਸਰਕਾਰ ਨੇ ‘ਜਨਤਕ ਸ਼ਾਂਤੀ’ ਬਣਾਈ ਰੱਖਣ ਲਈ ਅੰਬਾਲਾ ਜ਼ਿਲ੍ਹੇ ਦੇ 12 ਪਿੰਡਾਂ ਵਿੱਚ ਮੋਬਾਈਲ ਇੰਟਰਨੈਟ ਅਤੇ ਬਲਕ ਐਸਐਮਐਸ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਸੀ। ਵਧੀਕ ਮੁੱਖ ਸਕੱਤਰ (ਗ੍ਰਹਿ) ਸੁਮਿਤਾ ਮਿਸ਼ਰਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਮੁਅੱਤਲੀ 17 ਦਸੰਬਰ ਤੱਕ ਲਾਗੂ ਰਹੇਗੀ।