ਮਾਲਵਾ ਖਿੱਤੇ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦਾ ਵਿਧਾਨ ਸਭਾ ਹਲਕਾ ਗਿੱਦੜਬਾਹਾ ਸ਼੍ਰੋਮਣੀ ਅਕਾਲੀ ਦਲ ਅਤੇ ਖ਼ਾਸ ਕਰਕੇ ਬਾਦਲ ਪਰਿਵਾਰ ਲਈ ਕਾਫ਼ੀ ਅਹਿਮ ਮੰਨਿਆ ਜਾਂਦਾ ਰਿਹਾ ਹੈ।ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਮਰਹੂਮ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਇਸੇ ਹਲਕੇ ਤੋਂ ਹੀ ਕੀਤੀ ਸੀ।ਸਾਲ 1957 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਸਮੇਂ ਪ੍ਰਕਾਸ਼ ਸਿੰਘ ਬਾਦਲ ਗਿੱਦੜਬਾਹਾ ਹਲਕੇ ਤੋਂ ਪਹਿਲੀ ਵਾਰ ਚੋਣ ਲੜੇ ਸਨ।ਉਹ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ 5 ਵਾਰ ਵਿਧਾਇਕ ਚੁਣੇ ਗਏ ਸਨ।ਇਸ ਤੋਂ ਬਾਅਦ ਸਾਲ 1995 ਵਿੱਚ ਗਿੱਦੜਬਾਹਾ ਹਲਕੇ ਵਿੱਚ ਹੋਈ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ ਲਈ ਮੁੜ ‘ਵਰਦਾਨ’ ਸਾਬਤ ਹੋਈ ਸੀ। ਉਸ ਵੇਲੇ ਪੰਜਾਬ ਵਿੱਚ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਸੀ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਚੋਣ ਵਿੱਚ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਸਿੰਘ ਬਾਦਲ ਨੂੰ ਉਮੀਦਵਾਰ ਬਣਾਇਆ ਗਿਆ ਸੀ।ਜਿੱਥੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਪ੍ਰਕਾਸ਼ ਸਿੰਘ ਬਾਦਲ ਨੇ 5 ਵਾਰ ਜਿੱਤ ਦਰਜ ਕੀਤੀ ਸੀ, ਉਥੇ ਇਸ ਸਿਲਸਿਲੇ ਨੂੰ ਮੁੜ ਮਨਪ੍ਰੀਤ ਸਿੰਘ ਬਾਦਲ ਨੇ ਇਸ ਜ਼ਿਮਨੀ ਚੋਣ ਵਿਚ ਜਿੱਤ ਦਰਜ ਕਰਕੇ ਅੱਗੇ ਤੋਰ ਲਿਆ ਸੀ।ਇਸ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਹਿੰਦਿਆਂ ਸਾਲ 1997, 2002 ਅਤੇ 2007 ਵਿੱਚ ਗਿੱਦੜਬਾਹਾ ਹਲਕੇ ਤੋਂ ਜਿੱਤ ਪ੍ਰਾਪਤ ਕੀਤੀ ਸੀ।ਇਹ ਵੱਖਰੀ ਗੱਲ ਹੈ ਕਿ ਇਸ ਤੋਂ ਬਾਅਦ ਇਸ ਸੀਟ ਉੱਪਰ ਕਾਂਗਰਸ ਪਾਰਟੀ ਦੇ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਜਿੱਤ ਦਰਜ ਕਰਦੇ ਰਹੇ ਹਨ।